PoliticalPunjab

ਡੇਰਾ ਬਾਬਾ ਨਾਨਕ- ਮੁੱਖ ਮੰਤਰੀ ਵੱਲੋਂ 30,000 ਤੋਂ ਵੱਧ ਪਰਿਵਾਰਾਂ ਨੂੰ 377 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਦੀ ਪ੍ਰਕਿਰਿਆ ਸ਼ੁਰੂ

ਮੁੱਖ ਮੰਤਰੀ ਵੱਲੋਂ 30,000 ਤੋਂ ਵੱਧ ਪਰਿਵਾਰਾਂ ਨੂੰ 377 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਦੀ ਪ੍ਰਕਿਰਿਆ ਸ਼ੁਰੂ

ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਦੀ ਕੀਤੀ ਕਰੜੀ ਨਿਖੇਧੀ

ਸੂਬੇ ਦੇ ਹਿੱਤਾਂ ਦੀ ਰਾਖੀ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ

ਡੇਰਾ ਬਾਬਾ ਨਾਨਕ, 26 ਨਵੰਬਰ (ਵਿਨੋਦ ਸੋਨੀ) – ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ 30,000 ਤੋਂ ਵੱਧ ਪਰਿਵਾਰਾਂ ਜਿਨ੍ਹਾਂ ਦੇ ਘਰ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਨੁਕਸਾਨੇ ਗਏ ਸਨ, ਨੂੰ ਮੁਆਵਜ਼ਾ ਵੰਡਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਿਆਨਕ ਹੜ੍ਹਾਂ ਕਾਰਨ ਪੰਜਾਬ ਦੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਦਾ ਦਰਦ ਬਿਆਨ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਆਪਣੇ ਦੌਰਿਆਂ ਦੌਰਾਨ ਉਨ੍ਹਾਂ ਨੇ ਨਿੱਜੀ ਤੌਰ ‘ਤੇ ਲੋਕਾਂ ਦਾ ਦੁੱਖ ਸੁਣਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਹਰ ਪ੍ਰਭਾਵਿਤ ਪਰਿਵਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।

ਮੁੱਖ ਮੰਤਰੀ ਨੇ ਪੰਜਾਬ ਅਤੇ ਹੋਰ ਸੂਬਿਆਂ ਦੇ ਸਮਾਜਿਕ ਅਤੇ ਧਾਰਮਿਕ ਸੰਗਠਨਾਂ ਅਤੇ ਵਲੰਟੀਅਰਾਂ ਵੱਲੋਂ ਇਸ ਆਫ਼ਤ ਦੌਰਾਨ ਨਿਰਸਵਾਰਥ ਸੇਵਾ ਲਈ ਕੀਤੇ ਅਣਥੱਕ ਯਤਨਾਂ ਦੀ ਵੀ ਸ਼ਲਾਘਾ ਕੀਤੀ। ਪੰਜਾਬੀਆਂ ਦੇ ਜੁਝਾਰੂ ਜਜ਼ਬੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਨੇ ਇੱਕ ਵਾਰ ਫਿਰ ਮੁਸੀਬਤ ਵਿੱਚੋਂ ਨਿਕਲਣ ਦੇ ਆਪਣੇ ਬੇਮਿਸਾਲ ਜਜ਼ਬੇ ਦਾ ਪ੍ਰਦਰਸ਼ਨ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਔਖੇ ਸਮੇਂ ਵਿੱਚ ਆਪਣੇ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਅਤੇ ਉਨ੍ਹਾਂ ਦੀ ਸਰਕਾਰ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੜ੍ਹਾਂ ਦੌਰਾਨ ਕਿਸਾਨਾਂ ਨੂੰ ਹੋਏ ਫਸਲੀ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ੇ ਦੀ ਅਦਾਇਗੀ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਦੀ ਕਿਸੇ ਵੀ ਸਰਕਾਰ ਵੱਲੋਂ ਦਿੱਤਾ ਗਿਆ ਸਭ ਤੋਂ ਵੱਧ ਫਸਲੀ ਮੁਆਵਜ਼ਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਘਰਾਂ ਦੇ ਨੁਕਸਾਨ ਲਈ ਇੱਕ ਵਿਆਪਕ ਪੁਨਰਵਾਸ ਪੈਕੇਜ ਵੀ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਪ੍ਰਭਾਵਿਤ ਪਰਿਵਾਰਾਂ ਨੂੰ ਪੂਰੀ ਤਰ੍ਹਾਂ ਨੁਕਸਾਨੇ ਗਏ ਘਰ ਲਈ 1.20 ਲੱਖ ਰੁਪਏ ਦਿੱਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਹੜ੍ਹਾਂ ਦੌਰਾਨ ਸੂਬੇ ਭਰ ਵਿੱਚ ਨੁਕਸਾਨੇ ਗਏ ਲਗਪਗ 30,000 ਘਰਾਂ ਵਿੱਚੋਂ 8,056 ਘਰ ਇਕੱਲੇ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਪ੍ਰਭਾਵਿਤ ਪਰਿਵਾਰਾਂ ਨੂੰ 377 ਕਰੋੜ ਰੁਪਏ ਦਾ ਮੁਆਵਜ਼ਾ ਵੰਡਿਆ ਜਾ ਰਿਹਾ ਹੈ ਤਾਂ ਜੋ ਉਹ ਆਪਣੇ ਘਰ ਦੁਬਾਰਾ ਬਣਾ ਸਕਣ। ਉਨ੍ਹਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਘਰ ਦੀ ਮੁੜ ਉਸਾਰੀ ਲਈ ਹਰੇਕ ਯੋਗ ਪਰਿਵਾਰ ਨੂੰ ਪਹਿਲੀ ਕਿਸ਼ਤ ਵਜੋਂ 70,000 ਰੁਪਏ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ, ਜਦੋਂ ਕਿ ਬਾਕੀ ਰਾਸ਼ੀ ਦੋ ਵਾਧੂ ਕਿਸ਼ਤਾਂ ਵਿੱਚ ਵੰਡੀ ਜਾ ਰਹੀ ਹੈ ਤਾਂ ਜੋ ਉਸਾਰੀ ਦਾ ਕੰਮ ਸੁਚਾਰੂ ਢੰਗ ਨਾਲ ਅੱਗੇ ਵਧ ਸਕੇ। ਪੁਨਰ ਨਿਰਮਾਣ ਸਬੰਧੀ ਹੋਰ ਸਹਾਇਤਾ ਪ੍ਰਦਾਨ ਕਰਨ ਲਈ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਨੁਕਸਾਨੇ ਗਏ ਘਰਾਂ ਦੀ ਮੁੜ ਉਸਾਰੀ ਦਾ ਕੰਮ ਮਗਨਰੇਗਾ ਅਧੀਨ ਲਿਆ ਗਿਆ ਹੈ, ਜਿਸ ਨਾਲ ਲਾਭਪਾਤਰੀਆਂ ਨੂੰ ਆਪਣੇ ਘਰ ਬਣਾਉਣ ਲਈ 90 ਦਿਨਾਂ ਦਾ ਕੰਮ ਮਿਲੇਗਾ।

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਹ 90 ਦਿਨਾਂ ਦਾ ਰੋਜ਼ਗਾਰ ਪੂਰੀ ਤਰ੍ਹਾਂ ਨੁਕਸਾਨੇ ਗਏ ਹਰੇਕ ਘਰ ਲਈ ਦਿੱਤੀ ਜਾਂਦੀ 1.20 ਲੱਖ ਰੁਪਏ ਦੀ ਗ੍ਰਾਂਟ ਤੋਂ ਵੱਖਰਾ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲ ਨਾਲ ਪ੍ਰਭਾਵਿਤ ਪਰਿਵਾਰਾਂ ਲਈ ਵਿੱਤੀ ਸਹਾਇਤਾ ਦੇ ਨਾਲ ਨਾਲ ਰੋਜ਼ੀ-ਰੋਟੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਹੋਏ ਵਿਆਪਕ ਨੁਕਸਾਨ ਦੇ ਬਾਵਜੂਦ, ਪੰਜਾਬ ਨੇ ਰਾਸ਼ਟਰੀ ਪੂਲ ਵਿੱਚ ਲਗਭਗ 150 ਲੱਖ ਟਨ ਝੋਨਾ ਦਾ ਯੋਗਦਾਨ ਪਾਉਂਦਿਆਂ ਇੱਕ ਵਾਰ ਫਿਰ ਦੇਸ਼ ਦੇ ਅੰਨਦਾਤਾ ਵਜੋਂ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਇਆ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਹੜ੍ਹਾਂ ਕਾਰਨ ਸੂਬੇ ਨੂੰ ਲਗਪਗ 13,500 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਆਪਣੀ ਪੁਰਜ਼ੋਰ ਮੰਗ ਦੁਹਰਾਈ ਕਿ ਕੇਂਦਰ ਸਰਕਾਰ ਜਨਤਕ ਤੌਰ ‘ਤੇ ਐਲਾਨੇ 1,600 ਕਰੋੜ ਰੁਪਏ ਦੇ ਰਾਹਤ ਪੈਕੇਜ ਨੂੰ ਤੁਰੰਤ ਜਾਰੀ ਕਰੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕਰਨ ਅਤੇ ਨੌਜਵਾਨਾਂ ਨੂੰ ਸਿੱਖਿਆ, ਖੇਡਾਂ ਅਤੇ ਉਸਾਰੂ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ ਲਈ ਵਚਨਬੱਧ ਹੈ। ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦੇਣ ਦਾ ਐਲਾਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਖੇਤਰ ਵਿੱਚ 23 ਮਾਡਲ ਖੇਡ ਦੇ ਮੈਦਾਨ ਬਣਾਏ ਜਾਣਗੇ ਅਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਕੁੱਲ 194 ਆਧੁਨਿਕ ਖੇਡ ਦੇ ਮੈਦਾਨ ਬਣਾਏ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਅਤਿ-ਆਧੁਨਿਕ ਖੇਡ ਮੈਦਾਨ ਉੱਭਰ ਰਹੇ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨਗੇ ਅਤੇ ਜ਼ਮੀਨੀ ਪੱਧਰ ‘ਤੇ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਵਿੱਚ ਮਦਦ ਕਰਨਗੇ। ਔਰਤਾਂ ਦੇ ਸਸ਼ਕਤੀਕਰਨ ਅਤੇ ਉਚੇਰੀ ਸਿੱਖਿਆ ਤੱਕ ਪਹੁੰਚ ਵੱਲ ਅਹਿਮ ਕਦਮ ਚੁੱਕਦਿਆਂ ਉਨ੍ਹਾਂ ਨੇ ਡੇਰਾ ਬਾਬਾ ਨਾਨਕ ਵਿਖੇ ਲੜਕੀਆਂ ਲਈ ਨਵਾਂ ਸਰਕਾਰੀ ਕਾਲਜ ਸਥਾਪਤ ਕਰਨ ਦਾ ਐਲਾਨ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਲਜ ਵਿੱਚ ਕਲਾਸਾਂ ਅਗਲੇ ਅਕਾਦਮਿਕ ਸੈਸ਼ਨ ਤੋਂ ਸ਼ੁਰੂ ਹੋ ਜਾਣਗੀਆਂ ਅਤੇ ਸਾਰੇ ਲੋੜੀਂਦੇ ਬੁਨਿਆਦੀ ਢਾਂਚੇ ਅਤੇ ਫੈਕਲਟੀ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲੈਂਦਿਆਂ ਅੰਮ੍ਰਿਤਸਰ (ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਵਾਲਡ ਸਿਟੀ), ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ “ਪਵਿੱਤਰ ਸ਼ਹਿਰ” ਐਲਾਨਿਆ ਗਿਆ ਹੈ ਅਤੇ ਇਹਨਾਂ ਸ਼ਹਿਰਾਂ ਵਿੱਚ ਪਵਿੱਤਰਤਾ ਅਤੇ ਵਿਰਾਸਤ ਨੂੰ ਸੁਰੱਖਿਅਤ ਰੱਖਣ ਲਈ ਵਿਸ਼ੇਸ਼ ਉਪਾਅ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਨੰਦਪੁਰ ਸਾਹਿਬ ਵਿਖੇ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਨਹੀਂ ਹੋਏ। ਉਨ੍ਹਾਂ ਅੱਗੇ ਕਿਹਾ ਕਿ ਇਸ ਵਤੀਰੇ ਨਾਲ ਪੰਜਾਬ ਦੀ ਅਮੀਰ ਅਧਿਆਤਮਿਕ ਅਤੇ ਸ਼ਹੀਦੀ ਵਿਰਾਸਤ ਪ੍ਰਤੀ ਉਨ੍ਹਾਂ ਦੇ ਵਿਤਕਰੇ ਵਾਲੇ ਰਵੱਈਏ ਦਾ ਪਰਦਾਫਾਸ਼ ਹੋਇਆ ਹੈ।

ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ , ਗੁਰਦੀਪ ਸਿੰਘ ਰੰਧਾਵਾ, ਹਲਕਾ ਵਿਧਾਇਕ ਡੇਰਾ ਬਾਬਾ ਨਾਨਕ, ਜਤਿੰਦਰ ਗੌਰਵ ਚੇਅਰਮੈਨ ਘੱਟ ਗਿਣਤੀ ਕਮਿਸ਼ਨ ਪੰਜਾਬ, ਆਦਿੱਤਿਆ ਉੱਪਲ ਡਿਪਟੀ ਕਮਿਸ਼ਨਰ, ਡਾ. ਮਹਿਤਾਬ ਸਿੰਘ ਐੱਸ ਐੱਸ ਪੀ ਬਟਾਲਾ, ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਜੋਬਨ ਰੰਧਾਵਾ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਅਤੇ ਜਿਲ੍ਹਾ ਪ੍ਰਧਾਨ, ਮਨਜੋਤ ਸਿੰਘ ਰੰਧਾਵਾ, ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਹਲਕਾ ਇੰਚਾਰਜ ਕਾਦੀਆਂ, ਬਲਬੀਰ ਸਿੰਘ ਪਨੂੰ,ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ, ਰਮਨ ਬਹਿਲ ਹਲਕਾ ਇੰਚਾਰਜ ਗੁਰਦਾਸਪੁਰ, ਸਮਸ਼ੇਰ ਸਿੰਘ ਹਲਕਾ ਇੰਚਾਰਜ ਦੀਨਾਨਗਰ, ਆਦਿੱਤਿਆ ਗੁਪਤਾ ਸਹਾਇਕ ਕਮਿਸ਼ਨਰ (ਜ), ਆਦਿੱਤਿਆ ਸ਼ਰਮਾ ਐੱਸ.ਡੀ.ਐੱਮ, ਗੁਰਮੰਦਰ ਸਿੰਘ ਐੱਸ.ਡੀ.ਐਮ, ਜਯੋਤਸਨਾ ਸਿੰਘ ਐੱਸ.ਡੀ.ਐੱਮ,ਕੁਲਦੀਪ ਚੰਦ ਸਹਾਇਕ ਕਮਿਸ਼ਨਰ, ਚੇਅਰਮੈਨ ਰਾਜੀਵ ਸ਼ਰਮਾ, ਚੇਅਰਮੈਨ ਰਣਜੀਤ ਸਿੰਘ ਬਾਠ, ਚੇਅਰਮੈਨ ਮੋਹਨ ਸਿੰਘ, ਡਾ. ਅਰਸ਼ਦੀਪ ਸਿੰਘ ਕੁਆਰਡੀਨੇਟਰ ਨਸ਼ਾ ਮੁਕਤੀ ਮੋਰਚਾ, ਹਰਮਿੰਦਰ ਸਿੰਘ ਡੇਰਾ ਬਾਬਾ ਨਾਨਕ ਸਮੇਤ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ।

Related Articles

Leave a Reply

Your email address will not be published. Required fields are marked *

Send this to a friend