Punjab

ਰਾਜ ਸਭਾ ਮੈਂਬਰ ਸੰਜੇ ਸਿੰਘ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਭਜਨ ਸਿੰਘ ਈ.ਟੀ.ਓ. ਵੱਲੋਂ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

⇒ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮਗਰੀ ਦੀਆਂ ਟਰਾਲੀਆਂ ਨੂੰ ਰਵਾਨਾ ਕੀਤਾ

⇒ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮਗਰੀ ਦੀਆਂ ਟਰਾਲੀਆਂ ਨੂੰ ਰਵਾਨਾ ਕੀਤਾ
⇒ਹੜ੍ਹਾਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਸਮਰੱਥਾ ਨਾਲ ਰਾਹਤ ਕਾਰਜਾਂ ਵਿੱਚ ਲੱਗੀ – ਅਮਨ ਅਰੋੜਾ
(ਵਿਨੋਦ ਸੋਨੀ)
ਡੇਰਾ ਬਾਬਾ ਨਾਨਕ, 05 ਸਤੰਬਰ – ਰਾਜ ਸਭਾ ਮੈਂਬਰ ਸ੍ਰੀ ਸੰਜੇ ਸਿੰਘ ਵੱਲੋਂ ਸੂਬੇ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨਾਲ ਅੱਜ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ, ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਐੱਸ.ਐੱਸ.ਪੀ. ਬਟਾਲਾ ਜਨਾਬ ਸੋਹੇਲ ਕਾਸਿਮ ਮੀਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਅਤੇ ਆਪ ਦੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਰਾਜੀਵ ਸ਼ਰਮਾ ਵੀ ਮੌਜੂਦ ਸਨ।

ਰਾਜ ਸਭਾ ਮੈਂਬਰ ਸ੍ਰੀ ਸੰਜੇ ਸਿੰਘ, ਸੂਬੇ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਸਵੇਰੇ ਸਭ ਤੋਂ ਪਹਿਲਾਂ ਪਿੰਡ ਸ਼ਾਹਪੁਰ ਜਾਜਨ ਦੀ ਪੱਤੀ ਰਾਮਪੁਰ ਵਿਖੇ ਹੜ੍ਹ ਪੀੜਤਾਂ ਲਈ ਰਾਹਤ ਸਮਗਰੀ ਦੀਆਂ ਟਰਾਲੀਆਂ ਨੂੰ ਰਵਾਨਾ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਵੱਲੋਂ ਡੇਰਾ ਬਾਬਾ ਨਾਨਕ ਇਲਾਕੇ ਅਤੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਵਿਖੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ।ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਜ ਸਭਾ ਮੈਂਬਰ ਸ੍ਰੀ ਸੰਜੇ ਸਿੰਘ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਕਈ ਇਲਾਕੇ ਗੰਭੀਰ ਹੜ੍ਹਾਂ ਦੀ ਮਾਰ ਹੇਠ ਹਨ ਅਤੇ ਕਿਸਾਨਾਂ ਦੀਆਂ ਫ਼ਸਲਾਂ, ਪਸ਼ੂਆਂ ਸਮੇਤ ਆਮ ਲੋਕਾਂ ਦਾ ਵੱਡਾ ਮਾਲੀ ਨੁਕਸਾਨ ਹੋਇਆ ਹੈ । ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਤਾਲਿਬਾਨ ਸ਼ਾਸਿਤ ਅਫ਼ਗ਼ਾਨਿਸਤਾਨ ਦੀ ਤਾਂ ਮਦਦ ਕਰ ਰਹੀ ਹੈ ਪਰ ਹਿੰਦੁਸਤਾਨ ਦੀ ਨਹੀਂ। ਸ੍ਰੀ ਸੰਜੇ ਸਿੰਘ ਨੇ ਕਿਹਾ ਕਿ ਬੀਤੇ ਕੱਲ੍ਹ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਚੌਹਾਨ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਸਨ ਪਰ ਉਨ੍ਹਾਂ ਵੱਲੋਂ ਵੀ ਪੰਜਾਬ ਨੂੰ ਕੋਈ ਰਾਹਤ ਦੇਣ ਦਾ ਐਲਾਨ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਏਨੇ ਦਿਨਾਂ ਬਾਅਦ ਵੀ ਰਿਪੋਰਟ ਦੀ ਗੱਲ ਨਾ ਕਰਨ ਸਗੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪੈਕੇਜ ਦੇਣ। 
ਇਸ ਮੌਕੇ ਸੂਬੇ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਹੜ੍ਹਾਂ ਦੇ ਇਸ ਸੰਕਟ ਵਿੱਚ ਪੰਜਾਬ ਸਰਕਾਰ ਆਪਣੇ ਲੋਕਾਂ ਦੇ ਨਾਲ ਹੈ ਅਤੇ ਇਸ ਸੰਕਟ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਾਰੀ ਮਸ਼ੀਨਰੀ ਆਪਣੀ ਪੂਰੀ ਸਮਰੱਥਾ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਵਿੱਚ ਲੱਗੀ ਹੋਈ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ, ਜਿਸ ਨੇ ਲਗਾਤਾਰ ਦੇਸ ਦੀ ਅਨਾਜ ਸੁਰੱਖਿਆ ਅਤੇ ਆਰਥਿਕ ਤਾਕਤ ਵਿੱਚ ਯੋਗਦਾਨ ਪਾਇਆ ਹੈ, ਨੂੰ ਮੁਸ਼ਕਲ ਦੀ ਘੜੀ ਵਿੱਚ ਕੇਂਦਰ ਸਰਕਾਰ ਵੱਲੋਂ ਤੁਰੰਤ ਅਤੇ ਢੁਕਵੀਂ ਸਹਾਇਤਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਪਿਛਲੇ ਕਈ ਦਿਨਾਂ ਤੋਂ ਹੜ੍ਹਾਂ ਵਿੱਚ ਡੁੱਬਿਆ ਹੋਇਆ ਹੈ ਪਰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੀ ਕੋਈ ਮਦਦ ਨਹੀਂ ਕੀਤੀ ਗਈ। ਸ੍ਰੀ ਅਮਨ ਅਰੋੜਾ ਨੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਉਹ ਬਿਨਾਂ ਕਿਸੇ ਦੇਰੀ ਪੰਜਾਬ ਦੇ ਰੋਕੇ ਹੋਏ ਪੈਸੇ ਜਾਰੀ ਕਰਨ ਦੇ ਨਾਲ ਪੰਜਾਬ ‘ਚ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਉਣ ਅਤੇ ਰਾਜ ਦੀ ਆਰਥਿਕਤਾ ਨੂੰ ਮੁੜ ਬਹਾਲ ਕਰਨ ਲਈ ਵਿਸ਼ੇਸ਼ ਆਰਥਿਕ ਪੈਕੇਜ ਦੇਵੇ।

Related Articles

Leave a Reply

Your email address will not be published. Required fields are marked *

Send this to a friend